25000 ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

PS MITHA

ਚੰਡੀਗੜ੍ਹ, 3 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐੱਸਆਈ ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਵੱਲੋਂ ਦਰਜ ਕਰਾਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

shriram farm advertisement

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਕਿਸੇ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਨਾ ਮਾਰਨ ਬਦਲੇ ਏਐੱਸਆਈ ਤਰਸੇਮ ਲਾਲ ਨੇ ਉਸ ਕੋਲੋਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਗਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਏਐੱਸਆਈ ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਤੋੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਖਬਰ ਸ਼ੇਅਰ ਕਰੋ:

ਹੋਰ ਖਬਰਾਂ ਪੜ੍ਹੋ