ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’, ਮਾਲਵਾ ਤੋਂ ਕਾਂਗਰਸ ਦੇ ਮਿਸ਼ਨ 2027 ਦਾ ਹੋਵੇਗਾ ਆਗਾਜ਼

BALDEV SINGH JANUHA

ਸੰਗਰੂਰ, 4 ਨਵੰਬਰ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਬੁੱਧਵਾਰ ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ‘ਇਨਸਾਫ਼ ਰੈਲੀ’ ਨੂੰ ਸੰਬੋਧਨ ਕਰਨਗੇ। ਕਾਂਗਰਸ ਵੱਲੋਂ ਇਸ ਰੈਲੀ ਨੂੰ ਪੰਜਾਬ ਦੇ ਲੋਕਾਂ ਦੇ ਹੱਕਾਂ, ਭਵਿੱਖ ਅਤੇ ਇਨਸਾਫ਼ ਨਾਲ ਜੁੜੇ ਮੁੱਦੇ ਉਠਾਉਣ ਲਈ ਅਹਿਮ ਮੰਚ ਦੱਸਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਫੇਰੀ ਨਾਲ ਮਾਲਵਾ ਖੇਤਰ ਤੋਂ ਪਾਰਟੀ ਦੀ ਚੋਣ ਮੁਹਿੰਮ ਨੂੰ ਨਵੀਂ ਦਿਸ਼ਾ ਅਤੇ ਰਫ਼ਤਾਰ ਮਿਲੇਗੀ। ਇਸ ਦੇ ਨਾਲ ਹੀ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਮਿਸ਼ਨ 2027 ਲਈ ਸਰਗਰਮ ਹੋਣ ਦਾ ਸੰਦੇਸ਼ ਵੀ ਦਿੱਤਾ ਜਾਵੇਗਾ।

ਪਰਗਟ ਸਿੰਘ ਨੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਭਰ ਦੇ ਲੋਕ ਰਾਹੁਲ ਗਾਂਧੀ ਦੀ ਆਮਦ ਦੀ ਉਡੀਕ ਕਰ ਰਹੇ ਹਨ। ਕਾਂਗਰਸ ਨੇ ਸੋਸ਼ਲ ਮੀਡੀਆ ਰਾਹੀਂ ਵੀ ਲੋਕਾਂ ਨੂੰ ਸਵੇਰੇ 10 ਵਜੇ ਫੱਗੂਵਾਲਾ ਪਿੰਡ ਪਹੁੰਚਣ ਦੀ ਅਪੀਲ ਕੀਤੀ ਹੈ।

shriram farm advertisement

ਸਚਿਨ ਪਾਇਲਟ ਵੀ ਲਗਾਤਾਰ ਲੈ ਰਹੇ ਤਿਆਰੀਆਂ ਦਾ ਜਾਇਜ਼ਾ
ਕਾਂਗਰਸ ਦੇ ਜਨਰਲ ਸਕੱਤਰ ਸਚਿਨ ਪਾਇਲਟ ਸਮੇਤ ਹੋਰ ਸੀਨੀਅਰ ਆਗੂ ਵੀ ਰੈਲੀ ਵਾਲੀ ਥਾਂ ’ਤੇ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ। ਰੈਲੀ ਦੌਰਾਨ ਰਾਹੁਲ ਗਾਂਧੀ ਵੱਲੋਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਜਾਣ ਦੀ ਸੰਭਾਵਨਾ ਹੈ।

2027 ਦੀਆਂ ਚੋਣਾਂ ਲਈ ਮਾਲਵਾ ’ਤੇ ਨਜ਼ਰ
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਮਾਲਵਾ ਖੇਤਰ ਦੀ ਅਹਿਮ ਭੂਮਿਕਾ ਹੈ ਅਤੇ ਇੱਥੋਂ ਦੀਆਂ ਵਿਧਾਨ ਸਭਾ ਸੀਟਾਂ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਦੀਆਂ ਹਨ। ਇਸ ਲਈ ਸੰਗਰੂਰ ਤੋਂ ਚੋਣ ਮੁਹਿੰਮ ਨੂੰ ਅੱਗੇ ਵਧਾਉਣਾ ਕਾਂਗਰਸ ਦੀ ਰਣਨੀਤੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਧਿਆਨ ਜਥੇਬੰਦੀ ਨੂੰ ਮਜ਼ਬੂਤ ਕਰਨ, ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ’ਤੇ ਰਹੇਗਾ।

ਉਨ੍ਹਾਂ ਅੱਗੇ ਕਿਹਾ ਕਿ ਰਾਹੁਲ ਗਾਂਧੀ ਦੀ ਰੈਲੀ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੋਰ ਮਜ਼ਬੂਤੀ ਨਾਲ ਤਿਆਰੀਆਂ ਵਿੱਚ ਜੁਟਣਗੇ।

Tags: #ਰਾਹੁਲ ਗਾਂਧੀ ਅੱਜ ਸੰਗਰੂਰ ’ਚ ਕਰਨਗੇ ‘ਇਨਸਾਫ਼ ਰੈਲੀ’
ਇਹ ਖਬਰ ਸ਼ੇਅਰ ਕਰੋ:

ਹੋਰ ਖਬਰਾਂ ਪੜ੍ਹੋ